ਡਾ. ਵਿਜੈ ਸਤਬੀਰ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕ ਨਿਯੁਕਤ

ਡਾ. ਵਿਜੈ ਸਤਬੀਰ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕ ਨਿਯੁਕਤ
ਨਵੀਂ ਦਿੱਲੀ-ਸਿੱਖ ਜਥੇਬੰਦੀਆਂ ਵੱਲੋਂ ਇੱਕ ਗ਼ੈਰ-ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦਾ ਪ੍ਰਬੰਧਕ ਲਾਏ ਜਾਣ ਦਾ ਵਿਰੋਧ ਕਰਨ ਮਗਰੋਂ ਮਹਾਰਾਸ਼ਟਰ ਸਰਕਾਰ ਨੇ ਅਭਿਜੀਤ ਰਾਜਿੰਦਰ ਰਾਊਤ ਦੀ ਥਾਂ ਹੁਣ ਸਾਬਕਾ ਆਈਏਐੱਸ ਡਾ. ਵਿਜੈ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕ ਲਾਉਣ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਗ਼ੈਰ-ਸਿੱਖ ਨੂੰ ਤਖ਼ਤ ਦਾ ਪ੍ਰਬੰਧਕ ਲਾਉਣ ਦਾ ਸਿਆਸੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਣੇ ਸਿੱਖ ਜਥੇਬੰਦੀਆਂ ਨੇ ਵਿਰੋਧ ਕੀਤਾ ਸੀ। ਵੱਖ ਵੱਖ ਜਥੇਬੰਦੀਆਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਫ਼ੈਸਲਾ ਵਾਪਸ ਲੈ ਕੇ ਸਿੱਖ ਨੁਮਾਇੰਦੇ ਨੂੰ ਪ੍ਰਬੰਧਕ ਲਗਾਉਣ ਲਈ ਪੱਤਰ ਲਿਖੇ ਸਨ। ਇਸੇ ਸਬੰਧੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦਵੇਂਦਰ ਫੜਨਵੀਸ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਫੜਨਵੀਸ ਨੇ ਤੁਰੰਤ ਫ਼ੈਸਲਾ ਵਾਪਸ ਲੈਂਦਿਆਂ ਸਾਬਕਾ ਆਈਏਐੱਸ ਡਾ. ਵਿਜੈ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਨਵਾਂ ਪ੍ਰਬੰਧਕ ਲਾਉਣ ਦੇ ਹੁਕਮ ਜਾਰੀ ਕੀਤੇ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਫੜਨਵੀਸ ਨੇ ਮੁਲਾਕਾਤ ਦੌਰਾਨ ਸਪੱਸ਼ਟ ਕੀਤਾ ਕਿ ਦਸਤੂੁਰੀ ਮਾਮਲਿਆਂ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕ ਲਗਾਇਆ ਸੀ ਪਰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ ਮਗਰੋਂ ਉਨ੍ਹਾਂ ਤੁਰੰਤ ਫ਼ੈਸਲਾ ਵਾਪਸ ਲੈਂਦਿਆਂ ਡਾ. ਵਿਜੈ ਸਤਬੀਰ ਨੂੰ ਪ੍ਰਬੰਧਕ ਨਿਯੁਕਤ ਕਰਨ ਦਾ ਐਲਾਨ ਕੀਤਾ।