ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ
ਗੁਰਦਾਸਪੁਰ- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ।
ਛੋਟੇਪੁਰ 28 ਅਤੇ 29 ਅਪਰੈਲ ਦੀ ਦਰਮਿਆਨੀ ਰਾਤ ਨੂੰ ਜਦੋਂ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਲਾਸ ਏਂਜਲਸ ਜਾਣ ਲਈ ਦਿੱਲੀ ਪਹੁੰਚੇ ਤਾਂ ਹਵਾਈ ਅੱਡੀ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਬਹੁਤ ਦੁਖਦ ਤਜਰਬਾ ਸੀ। ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜਦੋਂ ਸਾਰੇ ਦਸਤਾਵੇਜ਼ ਪੂਰੇ ਹਨ, ਤਾਂ ਇਮੀਗ੍ਰੇਸ਼ਨ ਵੱਲੋਂ ਉਨ੍ਹਾਂ ਨੂੰ ਕਿਸ ਆਧਾਰ ’ਤੇ ਰੋਕਿਆ ਅਤੇ ਪਾਸਪੋਰਟ ਜ਼ਬਤ ਕੀਤਾ ਗਿਆ। ਇਮੀਗ੍ਰੇਸ਼ਨ ਵਾਲਿਆਂ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਛੋਟੇਪੁਰ ਅਨੁਸਾਰ ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਸਿਵਲ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੈ।
ਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰਫ਼ ਏਨਾ ਕਿਹਾ ਗਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਕੀਤੀ ਗਈ ਹੈ ਜਦਕਿ ਨਾ ਤਾਂ ਕਦੀ ਉਨ੍ਹਾਂ ਕਿਸੇ ਨੂੰ ਆਪਣਾ ਪਾਸਪੋਰਟ ਦਿੱਤਾ ਅਤੇ ਨਾ ਹੀ ਇਸ ਦੀ ਚੋਰੀ ਹੋਈ। ਉਨ੍ਹਾਂ ਨੂੰ ਕਿਹਾ ਗਿਆ ਕਿ 10-15 ਦਿਨ ਬਾਅਦ ਉਨ੍ਹਾਂ ਦਾ ਪਾਸਪੋਰਟ ਜਲੰਧਰ ਸਥਿਤ ਪਾਸਪੋਰਟ ਦਫਤਰ ਪਹੁੰਚ ਜਾਵੇਗਾ ਅਤੇ ਪੂਰੀ ਗੱਲ ਪਤਾ ਲੱਗ ਜਾਵੇਗੀ। ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਧਿਕਾਰੀ ਆਪਣੀ ਗੱਲ ’ਤੇ ਅੜੇ ਰਹੇ।